Tuesday 19 November 2019

ਆਲਮਗੜ੍ਹ ਦੇ ਕਿਸਾਨ ਸੁਖਦੀਪ ਸਿੰਘ ਨੇ ਵਿਖਾਈ ਰਾਹ, ਬਿਨਾਂ ਸਾੜੇ ਪਰਾਲੀ ਦਾ ਕੀਤਾ ਨਿਪਟਾਰਾ



★ ਪਰਾਲੀ ਨਾ ਸਾੜ ਕੇ ਕਿਸਾਨਾਂ ਨੂੰ ਵਾਤਾਵਰਣ ਪ੍ਰੇਮੀ ਬਣਨ ਦਾ ਸੁਨੇਹਾ


ਆਨਲਾਈਨ ਡੈਸਕ ਅਬੋਹਰ
ਪਿੰਡ ਆਲਮਗੜ੍ਹ ਦੇ ਕਿਸਾਨ ਸੁਖਦੀਪ ਸਿੰਘ ਨੇ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਪਿਛਲੇ 4 ਸਾਲਾਂ ਤੋਂ ਅੱਗ ਨਾ ਲਗਾ ਕੇ ਆਧੁਨਿਕ ਸੰਦਾਂ ਨਾਲ ਖੇਤੀ ਕਰਕੇ ਚੋਖਾ ਮੁਨਾਫ਼ਾ ਲੈਣ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਮਾਣ ਹਾਸਿਲ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਦਿੱਤੀ।

ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਸਫ਼ਲ ਕਿਸਾਨ ਸੁਖਦੀਪ ਸਿੰਘ ਦੇ ਰਾਹ ਤੇ ਚਲਦਿਆਂ ਵਾਤਾਵਰਣ ਪ੍ਰੇਮੀ ਬਣਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ ਜਿਸਦਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੀ ਸਲਾਹ ਮੁਤਾਬਕ ਖੇਤੀ ਸੰਦਾਂ ਦੀ ਵਰਤੋਂ ਕਰਨ ਦੇ ਜ਼ੋਰ ਦੇਣਾ ਸਮੇ ਦੀ ਲੋੜ ਹੈ।

ਸਫਲ ਕਿਸਾਨ ਸੁਖਦੀਪ ਸਿੰਘ ਨੇ ਕਿਹਾ ਕਿ ਉਹ ਪਿਤਾ ਪੁਰਖੀ ਜਮੀਨ ’ਤੇ ਕਣਕ ਅਤੇ ਝੋਨੇ ਦੀ ਖੇਤੀ ਕਰਦਾ ਹੈ। ਉਸਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾਂਦੇ ਜਾਗਰੂਕਤਾ ਕੈਂਪਾਂ ਤੋਂ ਪ੍ਰਭਾਵਿਤ ਹੋ ਕੇ ਉਸ ਵੱਲੋਂ ਪਿਛਲੇ 4 ਸਾਲਾਂ ਤੋਂ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਈ।ਉਸਨੇ ਦੱਸਿਆ ਕਿ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਰੋਟਰੀ ਸਲੈਸ਼ਰ ਚਲਾ ਕੇ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਸੀ ਜਿਸ ਨਾਲ ਉਸਨੂੰ ਫ਼ਸਲ ਦਾ ਵਧ ਝਾੜ ਪ੍ਰਾਪਤ ਹੋਇਆ ਹੈ ਤੇ ਬੇਲੋੜੇ ਖਰਚੇ ਕਰਨ ਤੋਂ ਵੀ ਬਚਿਆ ਹੈ।

ਕਿਸਾਨ ਸੁਖਦੀਪ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਤਾਂ ਗੰਧਲਾ ਹੁੰਦਾ ਹੈ ਮਨੁੱਖੀ ਸਿਹਤ ’ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ ਅਤੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਕਿਸਾਨ ਨੇ ਦੱਸਿਆ ਕਿ ਸਮੇਂ-ਸਮੇਂ ’ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨਾਲ ਰਾਬਤਾ ਕਰਦਾ ਰਹਿੰਦਾ ਹੈ ਜਿਸ ਨਾਲ ਉਹ ਬੇਲੋੜ ਖਰਚੇ ਕਰਨ ਤੋਂ ਬੱਚ ਗਿਆ ਅਤੇ ਫ਼ਸਲ ਦਾ ਝਾੜ ਵੱਧ ਪ੍ਰਾਪਤ ਕਰਨ ’ਚ ਕਾਮਯਾਬ ਹੋਇਆ।

ਉਸਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵੱਖ-ਵੱਖ ਆਧੁਨਿਕ ਖੇਤੀਬਾੜੀ ਸੰਦਾਂ ਦੀ ਵਰਤੋਂ ਨਾਲ ਜ਼ਮੀਨ ਅੰਦਰ ਵਾਹੁਣਾ ਚਾਹੀਦਾ ਹੈ। ਉਸਨੇ ਦੱਸਿਆ ਕਿ ਪ੍ਰਦੂਸ਼ਣ ਰਹਿਤ ਅਤੇ ਬਿਮਾਰੀਆਂ ਮੁਕਤ ਮਾਹੌਲ ਪੈਦਾ ਕਰਨ ਲਈ ਪਰਾਲੀ ਤੇ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਤੋਂ ਪਰਹੇਜ ਕਰਨਾ ਚਾਹੀਦਾ ਹੈ।

No comments:

Post a Comment